ਬੀਬੀ ਜਗੀਰ ਕੌਰ ਦਾ ਪੰਜਾਬ ਦੇ ਹਿੱਤ ਵਿੱਚ ਭਾਜਪਾ ਨੂੰ ਜਿਤਾਉਣ ਦਾ ਐਲਾਨ।

ਬੀਬੀ ਜਗੀਰ ਕੌਰ ਦਾ ਪੰਜਾਬ ਦੇ ਹਿੱਤ ਵਿੱਚ ਭਾਜਪਾ ਨੂੰ ਜਿਤਾਉਣ ਦਾ ਐਲਾਨ।

ਜਲੰਧਰ( ਕਰਨ ਸੇਠੀ ) : ਜਲੰਧਰ ‘ਚ ਸ਼ੁੱਕਰਵਾਰ ਨੂੰ ਵੱਡੀ ਸਿਆਸੀ ਹਲਚਲ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਜਲੰਧਰ ਲੋਕ ਸਭਾ ਜਿਮਣੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਭਵਿੱਖ ਵਿੱਚ ਵੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਾਬਤ ਹੋ ਸਕਦਾ ਹੈ। ਬੀਬੀ ਜਗੀਰ ਕੌਰ ਨੇ ਇਹ ਐਲਾਨ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ 66 ਫੁੱਟ ਰੋਡ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਕੀਤਾ। ਬੀਬੀ ਜਗੀਰ ਕੌਰ ਕਈ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਦੂਰ ਹੋ ਕੇ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਨੋਟਿਸ ਵੀ ਭੇਜਿਆ ਗਿਆ ਸੀ। ਇੱਕ ਦਿਨ ਪਹਿਲਾਂ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਵੀ ਉਨ੍ਹਾਂ ਨੂੰ ਮਨਾਉਣ ਆਏ ਸਨ ਪਰ ਬੀਬੀ ਜਗੀਰ ਕੌਰ ਨੇ ਕਿਸੇ ਵੀ ਤਰ੍ਹਾਂ ਦੇ ਸਮਝੌਤਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਆਪਣੇ ਪੰਥਕ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਬਾਕੀ ਦੀ ਜ਼ਿੰਦਗੀ ਇਸੇ ’ਤੇ ਬਤੀਤ ਕਰਨੀ ਹੈ।
ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਪੁੱਜੇ ਕਾਰਕੁਨਾਂ ਅਤੇ ਸਮਰਥਕਾਂ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਹੋ ਸਕਦਾ ਹੈ। ਇਸ ਲਈ ਉਹ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸਿੱਖ ਪੰਥ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਕੰਮ ਕਰ ਰਹੇ ਹਨ। ਇਹ ਸਾਰੇ ਮੁੱਦੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਰੂਪਾਨੀ ਦੇ ਸਾਹਮਣੇ ਰੱਖੇ ਗਏ ਹਨ।
ਵਿਜੇ ਰੂਪਾਨੀ ਨੇ ਕਿਹਾ ਹੈ ਕਿ ਉਹ ਇਨ੍ਹਾਂ ਸਾਰੇ ਮੁੱਦਿਆਂ ਅਤੇ ਬੀਬੀ ਜਗੀਰ ਕੌਰ ਦੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰੇਗਾ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਮੁੱਦਿਆਂ ਦਾ ਜਲਦੀ ਹੱਲ ਹੋ ਜਾਵੇਗਾ। ਇਸ ਮੀਟਿੰਗ ਦੌਰਾਨ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੀ ਮੌਜੂਦ ਸਨ ਅਤੇ ਉਨ੍ਹਾਂ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਰਾਜੇਸ਼ ਬਾਘਾ, ਜਗਜੀਤ ਸਿੰਘ ਗਾਬਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *