ਪਿੰਡ ਢਡਿਆਲਾ ਨੱਤ ਦੇ ਕਿਸਾਨਾਂ ਦਾ ਮੰਗਿਆ ਸਹਿਯੋਗ
ਬਟਾਲਾ, 29 ਸਤੰਬਰ ( ਸੁਭਾਸ ਸਹਿਗਲ)
ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ,ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿੰਡ ਢਡਿਆਲਾ ਨੱਤ ਵਿਖੇ ਜਾ ਕੇ ਕਿਸਾਨਾਂ ਨਾਲ ਮਿਲ ਕੇ ਪਰਾਲੀ ਨਾ ਸਾੜਨ ਅਤੇ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ’ਤੇ ਤਹਿਸੀਲਦਾਰ ਅਭਿਸ਼ੇਕ ਵਰਮਾ ਵੀ ਪਹੁੰਚੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬੇਲਰ, ਸੁਪਰਸੀਡਰ ਆਦਿ ਉਪਲੱਬਧ ਹੈ, ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਖੇਤੀਬਾੜੀ ਅਫਸਰ ਬਲਜਿੰਦਰ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਵਿਸਥਾਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਡਾ਼ ਪਰਮਵੀਰ ਕਾਹਲੋਂ ਖੇਤੀਬਾੜੀ ਅਫਸਰ, ਰਵਿੰਦਰ ਸਿੰਘ ਏਡੀਓ, ਹਰਮਨਪ੍ਰੀਤ ਸਿੰਘ ਤੇ ਨਵਦੀਪ ਕੋਰ ਏਈਓ, ਰਾਜਪਰੀਤ ਕੋਰ ਬੀਟੀਐਮ ਵਲੋਂ ਵੀ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਨਾੜ ਨਾ ਸਾੜਨ ਦੀ ਅਪੀਲ ਕੀਤੀ ਗਈ।