ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
ਬਟਾਲਾ, 21 ਅਕਤੂਬਰ ( ਸੁਭਾਸ ਸਹਿਗਲ )
ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਐੱਸ.ਐੱਸ.ਪੀ.ਬਟਾਲਾ, ਸੁਹੇਲ ਕਾਸਿਮ ਮੀਰ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ, ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇ਼ਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ, ਐਡੀਸ਼ਨਲ ਸ਼ੈਸਨ ਜੱਜ, ਬਟਾਲਾ, ਵਿਕਰਮਜੀਤ ਸਿੰਘ, ਐਸਡੀਐਮ, ਬਟਾਲਾ, ਸ੍ਰੀਮਤੀ ਜਸਵੰਤ ਕੋਰ, ਐਸ ਪੀ (ਐੱਚ), ਸਮੂਹ ਡੀ ਐਸ ਪੀਜ਼, ਸਮੂਹ ਐਸ ਐਚ ਉਜ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਮੋਜੂਦ ਸਨ।
ਐੱਸ.ਐੱਸ.ਪੀ, ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ।
ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ।
ਐਸ ਐਸ ਪੀ ਬਟਾਲਾ ਨੇ ਅੱਗੇ ਕਿਹਾ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।
ਐਸ ਐਸ ਪੀ ਬਟਾਲਾ ਨੇ ਅੱਜ ਦੇ ਦਿਨ 21 ਅਕਤੂਬਰ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਉਨਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਦਾ ਦਿਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਤੇਜਿੰਦਰਪਾਲ ਸਿੰਘ, ਡੀ.ਐੱਸ.ਪੀ. (ਐੱਚ)ਦੀ ਕਮਾਂਡ ਹੇਠ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ।
ਇਸ ਮੌਕੇ ਸ੍ਰੀ ਰਿਪੂਤਮਨ ਸਿੰਘ, ਡੀ ਐਸ ਪੀ (ਡੀ) ਵਲੋਂ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।
ਉਪਰੰਤ ਐਸ ਐਸ ਪੀ ਬਟਾਲਾ ਵਲੋਂ ਸ਼ਹੀਦਾਂ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਤੇ ਕਿਹਾ ਕਿ ਪੁਲਿਸ ਵਿਭਾਗ, ਸ਼ਹੀਦ ਪਰਿਵਾਰ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
ਉਪਰੰਤ ਸਾਰਿਆਂ ਵਲੋਂ ਨਾਸ਼ਤਾ ਵੀ ਕੀਤਾ ਗਿਆ।