ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਿਹਾ-ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
ਆੜਤੀਆਂ, ਇੰਸਪੈਕਟਰਾਂ, ਸ਼ੈਲਰ ਮਾਲਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਟਾਲਾ, 22 ਅਕਤੂਬਰ ( ਸੁਭਾਸ ਸਹਿਗਲ) ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਜਾਵੇਗੀ ਅਤੇ ਝੋਨੇ ਦਾ ਦਾਣਾ -ਦਾਣਾ ਖਰੀਦਿਆ ਜਾਵੇਗਾ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨ ਲਖਵਿੰਦਰ ਸਿੰਘ, ਪਿੰਡ ਆਲੋਵਾਲ ਦੀ ਫਸਲ ਦੀ, ਮਾਰਕਫੈੱਡ ਏਜੰਸੀ ਰਾਹੀਂ ਖਰੀਦ ਵੀ ਕਰਵਾਈ। ਇਸ ਮੌਕੇ ਉਨ੍ਹਾਂ ਆਪਣੀ ਹਾਜਰੀ ਵਿੱਚ ਝੋਨੇ ਦੀ ਢੇਰੀ ਦੀ ਨਮੀ ਵੀ ਚੈੱਕ ਕਰਵਾਈ।
ਕਿਸਾਨਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਲਈ ਜਰੂਰੀ ਹੈ ਕਿ ਕਿਸਾਨ, ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਖੁਦ ਜਾਇਜਾ ਲੈ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਕੀਤੀ ਗਈ ਫਸਲ ਦੀ ਚੁਕਾਈ ਵਿੱਚ ਵੀ ਹੋਰ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਆੜਤੀਆਂ, ਇੰਸਪੈਕਟਰਾਂ, ਸ਼ੈਲਰ ਮਾਲਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ :
ਇਸ ਤੋਂ ਪਹਿਲਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਮਾਰਕੀਟ ਕਮੇਟੀ ਦਫ਼ਤਰ, ਬਟਾਲਾ ਵਿਖੇ ਝੋਨੇ ਦੀ ਖਰੀਦ ਸਬੰਧੀ ਆੜਤੀਆਂ, ਇੰਸਪੈਕਟਰਾਂ, ਸ਼ੈਲਰ ਮਾਲਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਵਿਚਾਰ ਵਟਾਂਦਰੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।